ਝੋਨੇ ਦੀ ਸਿੱਧੀ ਬਿਜਾਈ ਅਪਣਾਓ, ਪਾਣੀ ਬਚਾਓ-ਪੰਜਾਬ ਬਚਾਓ : ਸਿੱਧੂ, ਖੁੱਲਰ


ਚੰਡੀਗੜ੍ਹ ਪੰਜਾਬ ਇੰਡੀਆ ਨਿਊਜ਼ ਬਿਊਰੋ
/

ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ ਪਾਖਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਰਾਮਪੁਰਾ ਬਲਾਕ ਦੇ ਖੇਤੀਬਾੜੀ ਅਫਸਰ ਡਾ ਧਰਮਿੰਦਰਜੀਤ ਸਿੰਘ ਸਿੱਧੂ ਜੀ ਦੀ ਯੋਗ ਅਗਵਾਈ ਹੇਠ ਸਰਕਲ ਚਾਉਕੇ ਦੇ ਖੇਤੀਬਾੜੀ ਵਿਸਥਾਰ ਅਫਸਰ ਮਨਦੀਪ ਸਿੰਘ ਖੁੱਲਰ ਦੇ ਯਤਨਾਂ ਸਦਕਾ ਪਿੰਡ ਪੀਰਕੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ I ਇਸ ਮੌਕੇ ਖੇਤੀਬਾੜੀ ਅਫਸਰ ਡਾ ਧਰਮਿੰਦਰ ਜੀਤ ਸਿੰਘ ਸਿੱਧੂ  ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਵੱਧ ਤੋਂ ਵੱਧ ਕੀਤੀ ਜਾਵੇ ਤਾਂ ਜੋ ਕੁਦਰਤੀ ਸੋਮਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾ ਕੇ ਰੱਖਿਆ ਜਾ ਸਕੇ I ਉਹਨਾਂ ਦੱਸਿਆ ਕਿ ਸੂਬਾ ਸਰਕਾਰ ਇਹ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਏਗੀ I ਕੈਂਪ ਵਿਚ ਸ਼ਾਮਲ ਕਿਸਾਨਾਂ ਨੂੰ ਮਨਦੀਪ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਰ-ਵੱਤਰ ਵਿਧੀ,  ਖੇਤ ਦੀ ਤਿਆਰੀ,  ਬੀਜ ਦੀ ਦਰ, ਬੀਜ ਸੋਧ ਅਤੇ ਬੀਜਣ ਦੀ ਵਿਧੀ, ਸਿੰਚਾਈ,  ਤੱਤਾਂ ਦੀ ਘਾਟ ਅਤੇ ਨਦੀਨਾਂ ਦੀ ਰੋਕਥਾਮ ਲਈ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ I  ਉਹਨਾਂ ਇਹ ਵੀ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਜਿੱਥੇ ਵਾਤਾਵਰਨ ਪੱਖੀ ਹੈ,  ਉਥੇ ਹੀ ਕਿਸਾਨਾਂ ਲਈ ਆਰਥਿਕ ਤੌਰ ਤੇ ਲਾਹੇਵੰਦ ਵੀ ਹੈ,  ਕਿਉਂਕਿ ਇਸ ਬਿਜਾਈ ਨਾਲ ਝੋਨੇ ਦੇ ਝਾੜ ਤੇ ਕੋਈ ਅਸਰ ਨਹੀਂ ਪੈਂਦਾ ਸਗੋਂ ਉਸ ਤੋਂ ਬਾਅਦ ਉਸੇ ਖੇਤ ਵਿਚ ਬੀਜੀ ਜਾਣ ਵਾਲੀ ਕਣਕ ਜਾਂ ਹੋਰ ਫ਼ਸਲ ਦਾ ਝਾੜ ਵੀ ਵੱਧ ਨਿਕਲਦਾ ਹੈ I ਇਸ ਮੌਕੇ ਕਿਸਾਨਾਂ ਨੂੰ ਚੂਹਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਚੂਹੇਮਾਰ ਦਵਾਈ ਵੀ ਵੰਡੀ ਗਈ I ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਤਲਵਿੰਦਰ ਸਿੰਘ, ਹਰਜੀਤ ਸਿੰਘ,  ਗੁਰਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ,  ਖੇਤੀਬਾੜੀ ਉਪ ਨਿਰੀਖਕ ਰਮਨਦੀਪ ਸਿੰਘ ਅਤੇ ਭਾਰੀ ਗਿਣਤੀ ਵਿੱਚ ਪਿੰਡ ਪੀਰਕੋਟ ਦੇ ਅਗਾਂਹਵਧੂ ਕਿਸਾਨ ਹਾਜਰ ਸਨ  IPost a Comment

0 Comments