ਮੈਂਬਰ ਲੋਕ ਸਭਾ ਵੱਲੋਂ ਜ਼ਿਲ੍ਹਾ ਮਾਨਸਾ ’ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ *ਲੋੜਵੰਦ

 *ਲੋੜਵੰਦ ਅਤੇ ਯੋਗ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਕੀਤਾਜਾਵੇ ਜਾਗਰੂਕ-ਹਰਸਿਮਰਤ ਕੌਰ ਬਾਦਲ

   

ਗੁਰਜੰਟ ਸਿੰਘ ਬਾਜੇਵਾਲੀਆ
ਮਾਨਸਾ, 13 ਮਈ:ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਲਈ ਪ੍ਰਾਪਤ ਹੋਣ ਵਾਲੀਆਂ ਗ੍ਰਾਂਟਾਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਹਰੇਕ ਪਿੰਡ ਅਤੇ ਸ਼ਹਿਰ ਪੱਧਰ ’ਤੇ ਐਮ.ਸੀ. ਅਤੇ ਸਰਪੰਚਾਂ ਨਾਲ ਵੀ ਤਾਲਮੇਲ ਕਰਕੇ ਯੋਗ ਲਾਭਪਤਾਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਸਕਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਵੱਖ-ਵੱਖ ਕੇਂਦਰ ਪ੍ਰਯੋਜਿਤ ਯੌਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ, ਸਬੰਧਤ ਅਧਿਕਾਰੀਆਂ ਨੂੰ ਲੋੜਵੰਦਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਪਾਸੋਂ ਸਰਕਾਰ ਵੱਲੋਂ ਪ੍ਰਾਪਤ ਹੋਣ ਵਾਲੀ ਰਾਸ਼ੀ ਅਤੇ ਭਲਾਈ ਯੋਜਨਾਵਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਾਪਤ ਹੋਣ ਵਾਲੇ ਫੰਡਾਂ ਨੂੰ ਵਾਪਸ ਨਾ ਭੇਜ ਕੇ ਯੋਗ ਲਾਭਪਤਾਰੀਆਂ ਨੂੰ ਸਮਾਂਬੱਧ ਢੰਗ ਨਾਲ ਹਰੇਕ ਯੋਜਨਾ ਦਾ ਲਾਭ ਦਿੱਤਾ ਜਾਵੇ।
ਉਨ੍ਹਾਂ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਤੋਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਕੌਮੀ ਦਿਹਾਤੀ ਪੀਣ ਯੋਗ ਪਾਣੀ ਪ੍ਰੋਗਰਾਮ, ਐਮ ਪੀ ਲੈਡ ਸਕੀਮ, ਰਾਸ਼ਟਰੀ ਸਿਹਤ ਮਿਸ਼ਨ, ਸਮੱਗਰਾ ਸ਼ਿਕਸ਼ਾ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਉਜਵਲ ਯੋਜਨਾ, ਕਿ੍ਰਸ਼ੀ ਸਿੰਚਾਈ ਯੋਜਨਾ, ਰਾਸ਼ਟਰੀ ਕਿ੍ਰਸ਼ੀ ਵਿਕਾਸ ਯੋਜਨਾ ਅਤੇ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਜ਼ਿਲ੍ਹਾ ਮਾਨਸਾ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਕਿ ਲੋਕ ਹਿੱਤਾਂ ਲਈ ਉਲੀਕੇ ਜਾਣ ਵਾਲੇ ਕਾਰਜਾਂ ਨੂੰ ਸਮੇਂ ਸਿਰ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਨੂੰ ਜ਼ਿਲ੍ਹੇ ਅੰਦਰ ਇੰਨ-ਬਿੰਨ ਲਾਗੂ ਕਰਨ ਲਈ ਹੋਰ ਵਧੀਆ ਯਤਨ ਕੀਤੇ ਜਾਣਗੇ ਤਾਂ ਜੋ ਕੋਈ ਵੀ ਯੋਗ ਅਤੇ ਲੋੜਵੰਦ ਵਿਅਕਤੀ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੋਂ ਵਾਂਝਾ ਨਾ ਰਹੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ, ਐਸ.ਐਸ.ਪੀ. ਗੌਰਵ ਤੂਰਾ, ਐਸ.ਡੀ.ਐਮ. ਮਾਨਸਾ ਨਵਦੀਪ ਕੁਮਾਰ, ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ, ਡਾ. ਨਿਸ਼ਾਨ ਸਿੰਘ, ਪ੍ਰੇਮ ਅਰੋੜਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਨਵਨੀਤ ਜੋਸ਼ੀ, ਉਪ ਅਰਥ ਤੇ ਅੰਕੜਾ ਸਲਾਹਕਾਰ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।

Post a Comment

0 Comments