ਸਬਜ਼ੀ ਮੰਡੀ ਵਿਖੇ ਸਵੇੇਰੇ ਚੈਕਿੰਗ ਦੌਰਾਨ 33 ਕਿੱਲੋ ਤੋਂ ਵਧੇਰੇ ਪਲਾਸਟਿਕ ਦੇ ਲਿਫ਼ਾਫੇ ਜ਼ਬਤ, ਕੀਤੇ 4 ਚਲਾਨ

 *ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ-ਵਧੀਕ ਡਿਪਟੀ ਕਮਿਸ਼ਨਰ 

*ਲੋਕ ਖਰੀਦਦਾਰੀ ਦੌਰਾਨ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਗ਼ੁਰੇਜ਼ ਕਰਨ-ਟੀ.ਬੈਨਿਥ

 

ਗੁਰਜੰਟ ਸਿੰਘ ਬਾਜੇਵਾਲੀਆ 

ਮਾਨਸਾ, 07 ਜੁਲਾਈ :ਸਰਕਾਰ ਵੱਲੋਂ ਪਲਾਸਟਿਕ ਦੀਆਂ ਵਸਤੂਆਂ ਦੀ ਵਿਕਰੀ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ, ਜਿਸ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਟੀ.ਬੈਨਿਥ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਅੱਜ ਸਵੇਰੇ ਸਬਜ਼ੀ ਮੰਡੀ ਵਿਖੇ ਪਲਾਸਟਿਕ ਦੇ ਲਿਫ਼ਾਫਿਆਂ ਤੋਂ ਇਲਾਵਾ ਹੋਰ ਸਿੰਗਲ ਯੂਜ਼ ਪਲਾਸਟਿਕ ਦੀ ਚੈਕਿੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਵੱਖ-ਵੱਖ ਰੇਹੜੀਆਂ/ਦੁਕਾਨਦਾਰਾਂ ਤੋਂ 33.640 ਕਿਲੋ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ ਕੀਤੇ ਗਏ ਅਤੇ 4 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਦੁਕਾਨਦਾਰਾਂ ਅਤੇ ਹੋਰ ਮੌਜੂਦ ਵਿਅਕਤੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਵੀ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸਾਨੂੰ ਖਰੀਦਦਾਰੀ ਦੌਰਾਨ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਪਲਾਸਟਿਕ ਦੀ ਵਰਤੋਂ ਜਿੱਥੇ ਮਨੁੱਖੀ ਸਰੀਰ ਲਈ ਹਾਨੀਕਾਰਕ ਹੁੰਦੀ ਹੈ, ਉਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਲਿਫ਼ਾਫ਼ੇ ਸੀਵਰੇਜ਼ ਵਿੱਚ ਫਸ ਜਾਣ ਕਾਰਨ ਜਾਮ ਕਰ ਦਿੰਦੇ ਹਨ, ਜਿਸ ਕਾਰਨ ਗੰਦਾ ਪਾਣੀ ਸੜਕਾਂ ਉੱਤੇ ਆ ਜਾਂਦਾ ਹੈ ਅਤੇ ਲੋਕਾਂ ਦੀ ਸਿਹਤ ਅਤੇ ਆਵਾਜਾਈ ਸਬੰਧੀ ਸਮੱਸਿਆ ਪੈਦਾ ਕਰਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਵਿੱਖ ਅੰਦਰ ਇਹ ਚੈਕਿੰਗ ਨਿਰੰਤਰ ਜਾਰੀ ਰਹੇਗੀ ਅਤੇ ਪਲਾਸਟਿਕ ਦੇ ਲਿਫ਼ਾਫ਼ੇ ਵੇਚਣ ਵਾਲੇ ਅਤੇ ਇਨ੍ਹਾਂ ਵਿੱਚ ਗ੍ਰਾਹਕਾਂ ਨੂੰ ਸਮਾਨ ਪਾ ਕੇ ਦੇਣ ਵਾਲੇ ਦੁਕਾਨਦਾਰਾਂ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Post a Comment

0 Comments