ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨਾਂ ਨੇ ਰੇਲ ਲਾਈਨਾਂ ਤੇ ਦਿੱਤਾ ਧਰਨਾਂ

 ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨਾਂ ਨੇ ਰੇਲ ਲਾਈਨਾਂ ਤੇ ਦਿੱਤਾ ਧਰਨਾਂ


ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਖੇਤੀ ਦੇ ਨਵੇਂ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਂਣ ਦੇ ਲਈ ਦਿੱਲੀ ਵਿਖੇ ਲਗਾਤਾਰ ਲਗਭਗ ਇੱਕ ਸਾਲ ਚੱਲੇ ਕਿਸਾਨ ਅੰਦੋਲਨ ਉਪਰੰਤ ਖੇਤੀ ਦੇ ਤਿੰਨੇ ਕਾਨੂੰਨ ਰੱਦ ਕਰਵਾਉਂਣ ਤੋਂ ਇਲਾਵਾ ਕੇਂਦਰ ਸਰਕਾਰ ਨਾਲ ਇੱਕ ਸਮਝੌਤਾ ਕੀਤਾ ਗਿਆ ਸੀ, ਜਿਸ ਵਿੱਚ ਐਮ.ਐਸ.ਪੀ. ਅਤੇ ਹੋਰ ਮੰਗਾਂ ਨੂੰ ਜਲਦ ਪੂਰੀਆਂ ਕਰਨ ਦਾ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਸੀ। ਜੋ ਮੰਗਾਂ ਇੱਕ ਸਾਲ ਬੀਤ ਜਾਣ ਦੇ ਬਾਵਯੂਦ ਹੁਣ ਤੱਕ ਲਾਗੂ ਨਾ ਹੋਣ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਜਿਲ੍ਹਾ ਪੱਧਰੀ ਪ੍ਰੋਗਰਾਮ ਤਹਿਤ ਰੇਲਵੇ ਲਾਇਨਾਂ 'ਤੇ ਧਰਨਾਂ ਦਿੱਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨ ਆਗੂ ਅਤੇ ਬੀਬੀਆਂ ਨੇ ਸਮੂਹਲੀਅਤ ਕੀਤੀ। ਇਸ ਮੌਕੇ ਬੋਲਦਿਆਂ ਜੱਥੇਬੰਦੀ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੀ ਐਮ.ਐਸ.ਪੀ. ਗਾਰੰਟੀ ਬਣਾਉਂਣ, ਕਿਸਾਨੀ ਸੰਘਰਸ਼ ਦੌਰਾਨ ਪਾਏ ਕੇਸਾਂ ਨੂੰ ਹਟਾਉਂਣ ਅਤੇ ਸੰਘਰਸ ਦੌਰਾਨ ਸ਼ਹੀਦਾਂ ਨੂੰ ਆਰਥਿਕ ਸਹਾਇਤਾ ਅਤੇ ਲਖਮੀਰਪੁਰ ਦੇ ਦੋਸ਼ੀਆਂ ਨੂੰ ਸਜਾ ਦੇਣ ਆਦਿ ਲਈ ਵਾਅਦਾ ਕੀਤਾ ਗਿਆ ਸੀ। ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ, ਜਿਸ ਦੇ ਵਿਰੋਧ 'ਚ ਅੱਜ ਪੂਰੇ ਦੇਸ਼ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਸੀ। ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਅੱਜ ਦਾ ਰੇਲ ਰੋੋਕ ਮੋਰਚਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਮੰਗਾਂ ਨੂੰ ਲਾਗੂ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹਿਣਗੇ। ਇਸ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਪੁਖਤਾ ਇੰਤਜਾਨ ਕੀਤਾ ਗਿਆ ਸੀ।

Post a Comment

0 Comments