ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹਦੇ ਹਨ ਸੇਵਾ ਕੇਂਦਰ : ਵਧੀਕ ਡਿਪਟੀ ਕਮਿਸ਼ਨਰ

ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹਦੇ ਹਨ ਸੇਵਾ ਕੇਂਦਰ : ਵਧੀਕ ਡਿਪਟੀ ਕਮਿਸ਼ਨਰ

ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਪੈਂਦੇ ਸੇਵਾ ਕੇਂਦਰ ਹਫ਼ਤੇ ਦੇ ਸਾਰੇ ਦਿਨ ਖੁੱਲ੍ਹੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 16 ਸੇਵਾ ਕੇਂਦਰ ਚੱਲ ਰਹੇ ਹਨ, ਜਿਨ੍ਹਾਂ ਵਿੱਚ ਤਹਿਸੀਲ ਮਾਨਸਾ ਵਿਖੇ 6, ਸਰਦੂਲਗੜ੍ਹ ਵਿਖੇ 4 ਅਤੇ ਬੁਢਲਾਡਾ ਵਿਖੇ 6 ਸੇਵਾ ਕੇਂਦਰਾਂ ਵਿੱਚ ਜਨਤਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਸੇਵਾ ਕੇਂਦਰ ਸੋਮਵਾਰ ਤੋਂ ਸ਼ੁਕਰਵਾਰ ਦੇ ਨਾਲ-ਨਾਲ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲ੍ਹੇ ਰਹਿੰਦੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੁਆਰਾ ਜਾਰੀ ਪੱਤਰ ਦੇ ਆਧਾਰ ’ਤੇ ਸੇਵਾ ਕੇਂਦਰਾਂ ਦਾ ਸਮਾਂ ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ,  ਜਦਕਿ ਸ਼ਨੀਵਾਰ ਤੇ ਐਤਵਾਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸੋਮਵਾਰ ਤੋਂ ਸ਼ੁੱਕਰਵਾਰ ਦੇ ਨਾਲ-ਨਾਲ ਸ਼ਨੀਵਾਰ ਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਤੋਂ ਸਰਕਾਰੀ ਸੇਵਾਵਾਂ ਦਾ ਲਾਹਾ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਜਿਹੜੇ ਲੋਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਆਪਣੇ ਦਫ਼ਤਰੀ ਰੁਝੇਵਿਆਂ ਕਾਰਨ ਸਰਕਾਰੀ ਸੇਵਾਵਾਂ ਲੈਣ ਤੋਂ ਵਾਂਝੇ ਰਹਿੰਦੇ ਹਨ ਉਹ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਦੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

Post a Comment

0 Comments