ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਬਚਾਅ ਸਬੰਧੀ ਕੀਤਾ ਜਾਗਰੂਕ-ਡਾ. ਜਸਵਿੰਦਰ ਸਿੰਘ

 


ਮਾਨਸਾ,  : ਗੁਰਜੰਟ ਸਿੰਘ ਬਾਜੇਵਾਲੀਆ/ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੇ ਮਲੇਰੀਏ ਦੇ ਬਚਾਅ ਸੰਬੰਧੀ ਡਰਾਈ ਡੇਅ ਫਰਾਈ ਡੇ ਮੌਕੇ ਤੇ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਦਿੱਤੀ। ਉਨਾਂ ਦੱਸਿਆ ਕਿ ਬਰਸਾਤ ਦੇ ਮੌਸਮ ਕਾਰਨ ਡੇਂਗੂ ਅਤੇ ਮਲੇਰੀਆ ਦੇ ਮਰੀਜ਼ਾਂ ਵਿਚ ਵਾਧਾ ਹੋਣ ਲਗਦਾ ਹੈ। ਉਨਾਂ ਦੱਸਿਆ ਕਿ ਮਲੇਰੀਆ ਮਾਦਾ ਐਨੋਫਲੀਜ਼  ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਸਾਨੂੰ   ਆਪਣੇ ਆਲੇ ਦੁਆਲੇ ਗਲੀਆਂ ਘਰਾਂ ਵਿੱਚ ਪਏ ਗਮਲਿਆਂ, ਬਰਤਨਾਂ, ਟਾਇਰਾਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਮੱਛਰ ਖੜੇ ਪਾਣੀ ਵਿਚ ਅੰਡੇ ਦਿੰਦਾ ਹੈ।

ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ, ਇਸ ਦਿਨ ਸਾਨੂੰ ਸਾਰਿਆਂ ਨੂੰ ਆਪਣੇ ਕੂਲਰਾਂ ਦਾ ਪਾਣੀ ਕੱਢ ਕੇ ਚੰਗੀ ਤਰਾਂ ਸਾਫ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਫਰਿੱਜਾਂ ਦੇ ਪਿੱਛੇ ਲੱਗੀ ਟਰੇਅ ਵਿੱਚ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ। ਉਨਾਂ ਕਿਹਾ ਕਿ ਮੱਛਰਦਾਨੀਆਂ ਅਤੇ ਮੱਛਰ ਦੇ ਕੱਟਣ ਤੋਂ ਬਚਾਅ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਉਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਬੁਖਾਰ ਹੁੰਦਾ ਹੈ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਡੇਂਗੂ ਤੇ ਮਲੇਰੀਆ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।

Post a Comment

0 Comments