ਪੰਜਾਬ ਦੂਜੇ ਸੂਬਿਆਂ ਨੂੰ ਨਹੀਂ ਦੇ ਸਕਦਾ ਪਾਣੀ ਦੀ ਇਕ ਵੀ ਬੂੰਦ-ਚੀਮਾ, ਬੈਂਸ

 


ਚੰਡੀਗੜ੍ਹ, ਪੰਜਾਬ ਇੰਡੀਆ ਨਿਊਜ਼ ਬਿਊਰੋ)-ਉੱਤਰੀ ਜ਼ੋਨਲ ਪ੍ਰੀਸ਼ਦ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਸੂਬੇ 'ਚ ਦਰਿਆਈ ਪਾਣੀਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਨਵਾਂ ਜਲ ਟਿ੍ਬਿਊਨਲ ਸਥਾਪਤ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ | ਸੂਬੇ ਦਾ ਪੱਖ ਰੱਖਦੇ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦਾ ਵਿਰੋਧ ਕਰਦਿਆਂ ਸਪਸ਼ਟ ਸ਼ਬਦਾਂ 'ਚ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਬੂੰਦ ਦੂਜੇ ਸੂਬਿਆਂ ਨਾਲ ਸਾਂਝੀ ਕਰਨ ਲਈ ਨਹੀਂ ਹੈ | ਸੂਬੇ 'ਚ ਧਰਤੀ ਹੇਠਲੇ ਪਾਣੀ ਦਾ ਪੱਧਰ ਪਹਿਲਾਂ ਹੀ ਹੇਠਾਂ ਜਾ ਰਿਹਾ ਹੈ ਅਤੇ ਜ਼ਿਆਦਾਤਰ ਬਲਾਕ ਖ਼ਤਰੇ ਦੀ ਹੱਦ ਤੱਕ (ਡਾਰਕ ਜੌਨ) ਪਹੁੰਚ ਚੁੱਕੇ ਹਨ | ਬੈਂਸ ਨੇ ਕਿਹਾ ਕਿ ਟਿ੍ਬਿਊਨਲ ਵਲੋਂ ਪਿਛਲੇ ਸਮੇਂ 'ਚ ਦਰਿਆਈ ਪਾਣੀ ਦੀ ਵੰਡ ਦਾ ਜੋ ਮੁਲਾਂਕਣ ਕੀਤਾ ਗਿਆ ਸੀ, ਉਹ ਮੌਜੂਦਾ ਹਾਲਾਤ 'ਚ ਵੇਲਾ ਵਿਹਾਅ ਚੁੱਕਾ ਹੈ | ਬੈਂਸ ਨੇ ਪੰਜਾਬ ਦੀ ਤਰਫ਼ੋਂ ਸਾਲ 1972 ਦੀ ਇੰਡਸ ਕਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਹਰਿਆਣਾ ਪਾਸੋਂ ਯਮੁਨਾ ਤੋਂ ਪਾਣੀ ਦੇਣ ਦੀ ਮੰਗ ਉਠਾਈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਪਾਣੀ ਦੇ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਨਵੇਂ ਟਿ੍ਬਿਊਨਲ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ | ਇਸ ਨਾਲ ਅਜੋਕੇ ਸਮੇਂ ਦੀ ਤਸਵੀਰ ਬਿਲਕੁਲ ਸਪੱਸ਼ਟ ਹੋ ਜਾਵੇਗੀ ਅਤੇ ਸੂਬੇ ਨੂੰ ਪਾਣੀ ਦੀ ਢੁਕਵੀਂ ਵਰਤੋਂ ਦੀ ਇਜਾਜ਼ਤ ਮਿਲੇਗੀ | ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਪੰਜਾਬ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਜਾਂ ਹੋਰ ਕਿਸੇ ਢੰਗ ਨਾਲ ਕਿਸੇ ਹੋਰ ਸੂਬੇ ਨੂੰ ਨਾ ਦਿੱਤਾ ਜਾਵੇ | ਵਿਚਾਰ-ਚਰਚਾ 'ਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਸਰੂਪ 'ਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦੀ ਜ਼ੋਰਦਾਰ ਮੁਖ਼ਾਲਫ਼ਤ ਕੀਤੀ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਕਿਸੇ ਵੀ ਕਦਮ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਉਹ ਯੂਨੀਵਰਸਿਟੀ ਦੇ ਸਰੂਪ 'ਚ ਕੋਈ ਤਬਦੀਲੀ ਨਹੀਂ ਆਉਣ ਦੇਣਗੇ | ਦੋਵਾਂ ਮੰਤਰੀਆਂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) 'ਚੋਂ ਪੰਜਾਬ ਦੀ ਨੁਮਾਇੰਦਗੀ ਹਟਾਏ ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਸੂਬੇ ਨੂੰ ਇਹ ਹਰਗਿਜ਼ ਮਨਜ਼ੂਰ ਨਹੀਂ | ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦੀ ਮੌਜੂਦਾ ਵਿਵਸਥਾ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ | ਸੂਬੇ ਦੇ ਮੈਂਬਰ ਨੂੰ ਹਟਾਉਣ ਦਾ ਅਜਿਹਾ ਕੋਈ ਵੀ ਕਦਮ ਗ਼ੈਰ-ਵਾਜਬ ਹੈ | ਦੋਵਾਂ ਕੈਬਨਿਟ ਮੰਤਰੀਆਂ ਨੇ ਪੌਂਗ ਡੈਮ ਤੇ ਭਾਖੜਾ ਡੈਮ ਨੂੰ ਪੂਰੀ ਤਰ੍ਹਾਂ ਭਰਨ ਬਾਰੇ ਰਾਜਸਥਾਨ ਤੇ ਹਰਿਆਣਾ ਸਰਕਾਰਾਂ ਦੇ ਪ੍ਰਸਤਾਵ ਦਾ ਵੀ ਸਖ਼ਤ ਵਿਰੋਧ ਕੀਤਾ | ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ 'ਚ ਹੜ੍ਹ ਆਉਂਦੇ ਹਨ ਜਿਸ ਨਾਲ ਸੂਬੇ 'ਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਅਮਲੀ ਤੌਰ 'ਤੇ ਅਜਿਹਾ ਕੀਤਾ ਜਾਣਾ ਸੰਭਵ ਨਹੀਂ ਹੈ |

Post a Comment

0 Comments