ਮੌਜੂਦਾ ਸਰਕਾਰ ਵੱਲੋਂ ਪਨਬੱਸ/ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਤਨਖਾਹਾਂ ਨਾ ਵਧਾਈਆਂ ਗਈਆਂ ਤਾਂ ਹੋਵੇਗਾ ਤਿੱਖਾ ਸੰਘਰਸ਼ - ਰਮਿੰਦਰ ਸਿੰਘ

    ਤਨਖਾਹਾਂ ਲਈ ਗੇਟ ਰੈਲੀ, ਬੱਸ ਸਟੈਂਡ ਬੰਦ ਰੱਖਣ ਸਮੇਤ ਤਿੱਖੇ ਐਕਸ਼ਨ ਲਈ ਯੂਨੀਅਨ ਤਿਆਰ - ਕੁਲਵੰਤ ਸਿੰਘ  


ਹੁਸ਼ਿਆਰਪੁਰ 11 ਜੁਲਾਈ- (ਨਵਨੀਤ ਸਿੰਘ ਚੀਮਾ)::- 
ਅੱਜ ਪੰਜਾਬ ਰੋਡਵੇਜ਼ ਪਨਬੱਸ /ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੱਦੇ ਤੇ ਹੁਸ਼ਿਆਰਪੁਰ ਡਿਪੂ ਦੇ ਗੇਟ  ਤੇ ਪ੍ਰਧਾਨ ਹਰਮਿੰਦਰ ਸਿੰਘ ਦੀ ਅਗਵਾਈ ਵਿੱਚ ਰੈਲੀ ਕੀਤੀ ਗਈ। ਪ੍ਰਧਾਨ ਰਮਿੰਦਰ ਸਿੰਘ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਮੌਜੂਦਾ ਠਾਕੁਰ ਮੰਤਰੀ ਪੰਜਾਬ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਕੀਤਾ ਸੀ, ਪਰ ਅੱਜ ਜਦੋਂ ਸਰਕਾਰ ਸੱਤਾ ਵਿੱਚ ਆਈ ਹੈ ਅਤੇ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਿਚ ਆਨਾਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਚਲ ਰਹੀ ਹਡ਼ਤਾਲ ਦੌਰਾਨ ਟਰਾਂਸਪੋਰਟ ਮੰਤਰੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਕੋਈ ਵੀ ਉਨ੍ਹਾਂ ਵੱਲੋਂ ਮੀਟਿੰਗ ਨਹੀਂ ਰੱਖੀ ਗਈ ਅਤੇ ਨਾ ਹੀ ਕਿਸੇ ਨੂੰ ਪੱਕਾ ਕੀਤਾ ਗਿਆ। ਇਸ ਦੇ ਉਲਟ ਉਨ੍ਹਾਂ ਵੱਲੋਂ ਪਨਬੱਸ ਵਿਚ ਆਊਟਸੋਰਸਿੰਗ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੀਆਰਟੀਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ,ਜਿਸ ਦਾ ਯੂਨੀਅਨ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ।

           ਉਨ੍ਹਾਂ ਵੱਲੋਂ ਮੰਗ ਕੀਤੀ ਕਿ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਸਰਵਿਸ ਰੂਲ ਲਾਗੂ ਕਰਕੇ ਪੀਆਰਟੀਸੀ ਵਿੱਚ ਹੀ ਪੱਕਾ ਕੀਤਾ ਜਾਵੇ ਅਤੇ ਪਨਬੱਸ ਠੇਕੇਦਾਰਾਂ ਨੂੰ ਪਨਬੱਸ ਵਿਚ ਪੱਕਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨਾ, ਸੰਘਰਸ਼ਾਂ ਦੌਰਾਨ ਕੱਢੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਡਿਊਟੀ ਤੇ ਭੇਜਿਆ ਜਾਵੇ ਅਤੇ ਤਨਖਾਹਾਂ ਵਿੱਚ ਵਾਧਾ ਕਰਕੇ ਸਾਰੇ ਮੁਲਾਜ਼ਮਾਂ ਨੂੰ ਬਰਾਬਰ ਤਨਖਾਹਾਂ ਦਿੱਤੀਆਂ ਜਾਣ।ਪ੍ਰਧਾਨ ਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰਨ ਦੀ ਥਾਂ ਟਰਾਂਸਪੋਰਟ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖਾਹ ਲੈਣ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਜੇ 13 ਜੁਲਾਈ ਤਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਸਮੇਂ ਉਨ੍ਹਾਂ ਨਾਲ ਕੁਲਵੰਤ ਸਿੰਘ, ਧਰਮਿੰਦਰ ਸਿੰਘ , ਨਰਿੰਦਰ ਸਿੰਘ ਅਤੇ ਹੋਰ ਬਹੁਤ ਸਾਰੇ ਡਰਾਈਵਰ ਕੰਡਕਟਰ ਤੇ ਸਮੂਹ ਸਟਾਫ ਹਾਜ਼ਰ ਸੀ।

Post a Comment

0 Comments