*ਡੀ.ਟੀ.ਐੱਫ਼. ਵੱਲੋਂ ਸਾਮਰਾਜੀ ਮੁਲਕਾਂ ਦੇ ਜੀ-20 ਸੰਮੇਲਨ ਦਾ ਵਿਰੋਧ*
*ਪੰਜਾਬ ਦੇ ਸਿੱਖਿਆ ਖੇਤਰ ਨੂੰ ਦੇਸੀ-ਵਿਦੇਸ਼ੀ ਕਾਰੋਬਾਰੀਆਂ ਦੇ ਦਖ਼ਲ ਤੋਂ ਦੂਰ ਰੱਖਣ ਦੀ ਮੰਗ*
ਮੋਗਾ : 14 ਮਾਰਚ (ਕੈਪਟਨ ਸੁਭਾਸ਼ ਚੰਦਰ ਸ਼ਰਮਾ) :=ਜੀ-20 ਸਾਮਰਾਜੀ ਦੇਸਾਂ ਵੱਲੋਂ ਅੰਮ੍ਰਿਤਸਰ ਵਿਖੇ ਅੰਤਰ-ਰਾਸ਼ਟਰੀ ਪੱਧਰ ਦਾ ਸੰਮੇਲਨ 15 ਤੋਂ 17 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਦੇਸ਼ ਅਤੇ ਪੰਜਾਬ ਦੇ ਸਿੱਖਿਆ ਖੇਤਰ ਸਮੇਤ ਹਰ ਖੇਤਰ 'ਤੇ ਇਹਨਾਂ ਸਾਮਰਾਜੀ ਲੁਟੇਰੇ ਮੰਤਵਾਂ ਦੇ ਪ੍ਰਛਾਵੇਂ ਤੋਂ ਬਚਣ ਲਈ ਸਮਾਜ ਦੇ ਹਰ ਵਰਗ ਨੂੰ ਸੁਚੇਤ ਹੋਣਾ ਲਾਜ਼ਮੀ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਮੰਗ ਕੀਤੀ ਕਿ ਸਿੱਖਿਆ ਖੇਤਰ ਨੂੰ ਜੀ-20 ਦੇਸਾਂ ਦੇ ਮਾਰੂ ਏਜੰਡਿਆਂ ਤੋਂ ਦੂਰ ਰੱਖਿਆ ਜਾਵੇ ਤੇ ਸੰਸਾਰ ਵਪਾਰ ਸੰਸਥਾ ਵਰਗੇ ਸਾਮਰਾਜੀ ਅਦਾਰਿਆਂ ਦੇ ਇਸ਼ਾਰਿਆਂ 'ਤੇ ਮੁਲਕ 'ਚ ਲਾਗੂ ਕੀਤੀ ਜਾ ਰਹੀ ਲੋਕ ਵਿਰੋਧੀ ਨਵੀਂ ਸਿੱਖਿਆ ਨੀਤੀ ਨੂੰ ਰੱਦ ਕੀਤਾ ਜਾਵੇ।ਡੀ.ਟੀ.ਐੱਫ਼. ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਤੇ ਜਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਜੀ-20 ਦੀਆਂ ਮੀਟਿੰਗਾਂ ਹੋ ਰਹੀਆਂ ਹਨ ਤੇ ਇਹਨਾਂ ਦੇ ਏਜੰਡਿਆਂ 'ਚੋਂ ਸਿੱਖਿਆ ਅਤੇ ਲੇਬਰ ਮੁੱਦਿਆਂ 'ਤੇ ਹੋਣ ਵਾਲੀਆਂ ਮੀਟਿੰਗਾਂ ਪੰਜਾਬ ਅੰਦਰ ਅੰਮ੍ਰਿਤਸਰ ਵਿੱਚ ਕਰਵਾਈਆਂ ਜਾਣੀਆਂ ਹਨ। ਉਹਨਾਂ ਕਿਹਾ ਕਿ ਦੁਨੀਆਂ ਦੇ ਵੱਡੇ ਸਾਮਰਾਜੀ ਮੁਲਕਾਂ ਦੀ ਸ਼ਮੂਲੀਅਤ ਤੇ ਮੋਹਰੀ ਭੂਮਿਕਾ ਵਾਲਾ ਇਹ 20 ਦੇਸ਼ਾਂ ਦਾ ਗਰੁੱਪ ਸਾਮਰਾਜੀ ਮੁਲਕਾਂ ਦੇ ਲੁਟੇਰੇ ਮੰਤਵਾਂ ਨੂੰ ਅੱਗੇ ਵਧਾਉਣ ਲਈ ਬਣਾਇਆ ਗਿਆ ਹੈ। ਇਸ ਮੰਚ ਰਾਹੀਂ ਸੰਸਾਰ ਸਾਮਰਾਜੀ ਸੰਸਥਾਵਾਂ ਜਿਵੇਂ ਸੰਸਾਰ ਵਪਾਰ ਸੰਸਥਾ, ਕੌਮਾਂਤਰੀ ਮੁਦਰਾ ਕੋਸ਼ ਤੇ ਸੰਸਾਰ ਬੈਂਕ ਆਦਿ ਦੇ ਲੁਟੇਰੇ ਏਜੰਡਿਆਂ ਨੂੰ ਪਛੜੇ ਮੁਲਕਾਂ 'ਤੇ ਮੜ੍ਹਿਆ ਜਾਂਦਾ ਹੈ। ਭਾਰਤ ਵਰਗੇ ਮੁਲਕਾਂ ਦੀ ਸਿੱਖਿਆ ਖੇਤਰ 'ਚ ਸਾਮਰਾਜੀ ਕੰਪਨੀਆਂ ਤੇ ਮੁਲਕਾਂ ਦੀ ਪੁੱਗਤ ਹੋਰ ਵਧੇਰੇ ਮਜ਼ਬੂਤ ਕਰਨ ਦੀਆਂ ਵਿਉਂਤਾਂ ਬਣਾਈਆਂ ਜਾਂਦੀਆਂ ਹਨ। ਦੇਸ਼ ਦੇ ਕੁਦਰਤੀ ਸੋਮਿਆਂ ਤੇ ਕਿਰਤ ਸ਼ਕਤੀ ਨੂੰ ਸਾਮਰਾਜੀਆਂ ਵੱਲੋਂ ਲੁੱਟਣ ਦੀਆਂ ਵਿਉਤਾਂ ਇਹਨਾਂ ਮੰਚਾਂ ਰਾਹੀਂ ਘੜ੍ਹੀਆਂ ਤੇ ਲਾਗੂ ਕੀਤੀਆਂ ਜਾਂਦੀਆਂ ਹਨ। ਇਹ ਦੇਸ਼ ਨੂੰ ਸਾਮਰਾਜੀਆਂ ਕੋਲ ਗਹਿਣੇ ਧਰਨ ਦਾ ਪਲੇਟਫਾਰਮ ਹੈ। ਆਗੂਆਂ ਨੇ ਕਿਹਾ ਕਿ ਉਕਤ ਲੋਕ ਵਿਰੋਧੀ ਮਨਸੂਬਿਆਂ ਕਾਰਨ ਜਥੇਬੰਦੀ ਜੀ-20 ਸੰਮੇਲਨ ਦਾ ਵਿਰੋਧ ਕਰਦੀ ਹੈ ਅਤੇ ਸਿੱਖਿਆ ਖੇਤਰ ਨੂੰ ਦੇਸੀ ਵਿਦੇਸ਼ੀ ਕਾਰੋਬਾਰੀਆਂ ਦੇ ਦਖਲ ਤੋਂ ਦੂਰ ਰੱਖਣ ਦੀ ਮੰਗ ਕਰਦੀ ਹੈ। ਸੂਬਾਈ ਆਗੂਆਂ ਨੇ ਕਿਹਾ ਕਿ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਮੇਤ ਪੰਜਾਬ ਦੇ ਸਰਕਾਰੀ ਕਾਲਜ ਵੱਡੇ ਵਿੱਤੀ ਸੰਕਟ ਚ ਹਨ ਇਨ੍ਹਾਂ ਨੂੰ ਸੰਕਟ 'ਚ ਧੱਕਣ ਲਈ ਜੀ-20 ਵਰਗੇ ਸਾਮਰਾਜੀ ਸੰਸਥਾਵਾਂ ਵੱਲੋਂ ਬਣਾਈਆਂ ਨਵੀਆਂ ਆਰਥਿਕ ਨੀਤੀਆਂ ਹੀ ਜ਼ਿੰਮੇਵਾਰ ਹਨ ਅਤੇ ਹੁਣ ਪੰਜਾਬ 'ਚ ਬਹਿ ਕੇ ਵੀ ਇਨ੍ਹਾਂ ਮੰਚਾਂ ਰਾਹੀਂ ਬਚੀ-ਖੁਚੀ ਸਿੱਖਿਆ ਦੀ ਸਫ਼ ਵਲੇਟਣ ਦੀਆਂ ਵਿਉਂਤਾਂ ਘੜੀਆਂ ਜਾਣਗੀਆਂ। ਮੁਲਕ ਦੇ ਵਿਦਿਆਰਥੀਆਂ ਤੋਂ ਸਸਤੀ ਤੇ ਮਿਆਰੀ ਸਿੱਖਿਆ ਖੋਹਣ ਲਈ ਲਿਆਂਦੀ ਨਵੀਂ ਸਿੱਖਿਆ ਨੀਤੀ 2020 ਸੰਸਾਰ ਵਪਾਰ ਸੰਸਥਾ ਜਿਹੀਆਂ ਸਾਮਰਾਜੀ ਸੰਸਥਾਵਾਂ ਤੇ ਜੀ-20 ਜਿਹੇ ਮੰਚਾਂ ਰਾਹੀਂ ਹੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਾ ਵਾਅਦਾ ਕਰਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਜਟ 'ਚ ਪੰਜਾਬੀ ਯੂਨੀਵਰਸਿਟੀ ਦੀ ਗ੍ਰਾਂਟ 'ਤੇ ਕੱਟ ਲਾ ਕੇ ਸਾਮਰਾਜੀ ਸੰਸਥਾਵਾਂ ਦੇ ਇਸ਼ਾਰਿਆਂ 'ਤੇ ਚੱਲਦਿਆਂ ਸਰਕਾਰੀ ਸਿੱਖਿਆ ਖੋਹਣ ਦਾ ਐਲਾਨ ਕਰ ਦਿੱਤਾ ਹੈ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਉਚੇਰੀ ਸਿੱਖਿਆ ਖੇਤਰ ਨੂੰ ਸੰਕਟਾਂ 'ਚ ਧੱਕਣ ਲਈ ਜ਼ਿੰਮੇਵਾਰ ਸਾਮਰਾਜੀ ਮੁਲਕਾਂ ਦੇ ਨੁਮਾਇੰਦਿਆਂ ਦਾ ਪੰਜਾਬ 'ਚ ਸਵਾਗਤ ਕੀਤਾ ਜਾ ਰਿਹਾ ਹੈ। ਇੰਨ੍ਹਾਂ ਨੀਤੀਆਂ ਤਹਿਤ ਹੀ ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਅਤੇ 37 ਕਿਸਮ ਦੇ ਭੱਤੇ ਬੰਦ ਕਰਨ ਨਾਲ ਆਪ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਜੱਗ ਜ਼ਾਹਰ ਹੋਈ ਹੈ। ਜੀ-20 ਦੇਸਾਂ ਦੀ ਮੇਜ਼ਬਾਨੀ 'ਚ ਪੰਜਾਬ ਦੇ ਲੋਕਾਂ ਦੇ ਖਜ਼ਾਨੇ ਚੋਂ 100 ਕਰੋੜ ਰੁਪਇਆ ਖਰਚਿਆ ਜਾਣਾ ਹੈ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਸਿੱਖਿਆ, ਸਿਹਤ, ਖੇਤੀ ਤੇ ਸਨਅਤ ਨੂੰ ਬਰਬਾਦ ਕਰਨ ਵਾਲੇ ਸਾਮਰਾਜੀ ਗਰੁੱਪਾਂ ਦੇ ਸਵਾਗਤ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੇ ਦਰਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੀ ਸਾਮਰਾਜ ਭਗਤੀ ਦੀ ਨੀਤੀ 'ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਜਥੇਬੰਦੀ ਮੰਗ ਕਰਦੀ ਹੈ ਕਿ ਮੁਲਕ ਵਿਸ਼ਵ ਵਪਾਰ ਸੰਸਥਾ, ਕੌਮਾਂਤਰੀ ਮੁਦਰਾ ਕੋਸ਼ ਤੇ ਸੰਸਾਰ ਬੈਂਕ ਜਿਹੀਆਂ ਸਾਮਰਾਜੀ ਸੰਸਥਾਵਾਂ ਚੋਂ ਬਾਹਰ ਆਵੇ ਤੇ ਇਨ੍ਹਾਂ ਨਾਲ ਕੀਤੀਆਂ ਸੰਧੀਆਂ ਰੱਦ ਕਰੇ। ਸਾਮਰਾਜੀ ਕੰਪਨੀਆਂ ਤੇ ਦੇਸੀ ਕਾਰਪੋਰੇਟਾਂ ਨੂੰ ਸਿੱਖਿਆ ਖੇਤਰ 'ਚੋਂ ਬਾਹਰ ਰੱਖੇ। ਅਖੀਰ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਅਧਿਆਪਕ ਵਰਗ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕਰਦਾ ਹੈ ਕਿ ਪੰਜਾਬ ਦੇ ਵਿੱਦਿਅਕ ਖੇਤਰ ਸਮੇਤ, ਖੇਤੀ, ਸਨਅਤ ਤੇ ਕਿਰਤ ਨੂੰ ਲੁੱਟਣ ਦੀਆਂ ਵਿਉਂਤਾਂ ਬਣਾਉਣ ਲਈ ਜੁੜ ਰਹੇ ਸਾਮਰਾਜੀਆਂ ਦਾ ਵਿਰੋਧ ਕਰਨਾ ਚਾਹੀਦਾ ਹੈ ਅਤੇ ਇਸ ਸੰਘਰਸ਼ ਵਿੱਚ ਯੋਗਦਾਨ ਪਾਉਣ ਲਈ ਮੈਦਾਨ ਵਿੱਚ ਨਿੱਤਰਨਾ ਚਾਹੀਦਾ ਹੈ।
0 Comments