ਆਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ: ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ

 ਆਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ: ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ


ਸਿਹਤ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ  ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਵ੍ਹੀਲ ਚੇਅਰਾਂ ਤੇ ਟ੍ਰਾਈਸਾਈਕਲਾਂ ਦੀ ਵੰਡ


ਬਰਨਾਲਾ, 15 ਅਗਸਤ/ਕਰਨਪ੍ਰੀਤ ਕਰਨ /-ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਕਰਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। 

        ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਸੀਂ ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮਨਾ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿਹਤ ਤੇ ਨਿਵੇਸ਼ ਪੱਖੀ ਮਾਹੌਲ ਸਿਰਜਣ ਦੇ ਖੇਤਰ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੋਲ੍ਹੇ ਗਏ 583 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ 76 ਹੋਰ ਨਵੇਂ ਕਲੀਨਿਕ ਖੋਲ੍ਹੇ ਗਏ ਹਨ। ਇਨ੍ਹਾਂ ਕਲੀਨਿਕਾਂ ਤੋਂ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਰਹੀਆਂ ਹਨ ਅਤੇ 41 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ। ਹੁਣ ਤੱਕ ਸੂਬੇ ਭਰ ਵਿੱਚ 43.74 ਲੱਖ ਲੋਕਾਂ ਵੱਲੋਂ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ ਗਈਆਂ ਹਨ। 60 ਜਨਤਕ ਖੱਡਾਂ ਤੋਂ ਸਾਢੇ 5 ਰੁਪਏ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮਾਣ ਭੱਤਾ ਵਧਾ ਕੇ 1 ਕਰੋੜ ਰੁਪਏ ਕਰ ਦਿੱਤਾ ਹੈ।

    ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ' ਕਰਵਾਈਆਂ ਗਈਆਂ, ਜਿਸ ਵਿੱਚ 3 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ 9961 ਮੈਡਲ ਜੇਤੂਆਂ ਨੂੰ 6 ਕਰੋੜ 85 ਲੱਖ ਰੁਪਏ ਦੇ ਇਨਾਮ ਵੰਡੇ ਗਏ। ਰਾਸ਼ਟਰਮੰਡਲ ਖੇਡਾਂ ਵਿੱਚ ਤਮਗਾ ਜਿੱਤਣ ਅਤੇ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ 9 ਕਰੋੜ 30 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਦਿੱਤੀ ਗਈ। ਨੈਸ਼ਨਲ ਗੇਮਜ਼ ਦੇ ਮੈਡਲ ਜੇਤੂ 146 ਖਿਡਾਰੀਆਂ ਨੂੰ 5 ਕਰੋੜ ਰੁਪਏ ਤੋਂ ਵੱਧ ਦੀ ਨਗਦ ਇਨਾਮੀ ਰਾਸ਼ੀ ਦਿੱਤੀ।

     ਇਸ ਦੌਰਾਨ ਪਰੇਡ ਕਮਾਂਡਰ ਡੀ ਐੱਸ ਪੀ ਤਪਾ ਡਾ. ਮਾਨਵਜੀਤ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਪੰਜਾਬ ਪੁਲੀਸ ਦੀ ਪੁਰਸ਼ਾਂ ਦੀ ਟੁਕੜੀ ਦੀ ਅਗਵਾਈ ਏਐਸਆਈ ਪਵਨ ਕੁਮਾਰ, ਮਹਿਲਾ ਟੁਕੜੀ ਦੀ ਅਗਵਾਈ ਐੱਸਆਈ ਰੇਣੂ ਪ੍ਰੋਚਾ, ਪੰਜਾਬ ਹੋਮ ਗਾਰਡਜ਼ ਦੀ ਟੁਕੜੀ ਦੀ ਅਗਵਾਈ ਪਰਮਜੀਤ ਸਿੰਘ ਨੇ ਕੀਤੀ। ਇਸ ਮੌਕੇ ਜਿਲਾ ਡਿਪਟੀ ਕਮਿਸਨਰ ਮੈਡਮ ਪੂਨਮਦੀਪ ਕੌਰ ,ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ,ਇਸ ਐੱਸ ਐੱਸ ਪੀ ਸੰਦੀਪ ਮਲਿਕ ,ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ,ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਆਰ ਟੀ ਮੰਨਾ,ਐੱਮ ਸਮੇਤ ਪਾਰਟੀ ਵਰਕਰ ਹਾਜਿਰ ਸਨ !

Post a Comment

0 Comments