ਕੈਬਨਿਟ ਮੰਤਰੀ ਮੀਤ ਹੇਅਰ ਨੇ ਅਨਾਜ ਮੰਡੀ ਬਰਨਾਲਾ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ

 ਕੈਬਨਿਟ ਮੰਤਰੀ ਮੀਤ ਹੇਅਰ ਨੇ ਅਨਾਜ ਮੰਡੀ ਬਰਨਾਲਾ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਪੰਜਾਬ ਸਰਕਾਰ ਕਿਸਾਨਾਂ ਦੀ ਜਿਣਸ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਵਚਨਬੱਧ: ਮੀਤ ਹੇਅਰ


ਬਰਨਾਲਾ, 7,ਅਕਤੂਬਰ/ਕਰਨਪ੍ਰੀਤ ਕਰਨ

 ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਅਨਾਜ ਮੰਡੀ ਬਰਨਾਲਾ 'ਚ ਝੋਨੇ ਦੀ ਬੋਲੀ ਲਵਾਈ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

     ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਜਿਣਸ ਦਾ ਇੱਕ ਇੱਕ ਦਾਣਾ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਨੂੰ ਝੋਨੇ ਦੀ ਖ਼ਰੀਦ, ਅਦਾਇਗੀ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਾ ਆਵੇ, ਇਸ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਖਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਬਾਰਦਾਨੇ, ਪੀਣ ਵਾਲੇ ਪਾਣੀ, ਰੌਸ਼ਨੀ, ਸਾਫ਼-ਸਫ਼ਾਈ ਅਤੇ ਪਖਾਨਿਆਂ ਆਦਿ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ ਤੇ ਕਿਸਾਨਾਂ ਦੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ ਜਾਵੇਗੀ।

 ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 96 ਮੰਡੀਆਂ ਅਤੇ 46 ਆਰਜ਼ੀ ਮੰਡੀਆਂ (ਖਰੀਦ ਕੇਂਦਰ) ਵਿੱਚ ਝੋਨੇ ਦੀ ਖਰੀਦ ਕੀਤੀ ਜਾਵੇਗੀ।

 ਕੱਲ੍ਹ ਸ਼ਾਮ ਤੱਕ 650 ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 577 ਟਨ ਫ਼ਸਲ ਦੀ ਖਰੀਦ ਵੱਖ ਵੱਖ ਏਜੰਸੀਆਂ ਵਲੋਂ ਕੀਤੀ ਗਈ ਹੈ।

ਇਸ ਮੌਕੇ ਉਨ੍ਹਾਂ ਆੜ੍ਹਤੀਆਂ, ਕਿਸਾਨਾਂ , ਮੰਡੀ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਨਾ ਰੁਲਣ ਦਿੱਤਾ ਜਾਵੇ ਤੇ ਭੁਗਤਾਨ ਵੀ ਨਾਲੋ ਨਾਲ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਮਿਨਾਕਸ਼ੀ, ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ, ਸੁਪਰਡੈਂਟ ਰਾਜ ਕੁਮਾਰ,ਆੜਤੀਏ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਿੱਟੂ ,ਅਹੁਦੇਦਾਰ ਇਕਬਾਲ ਸਿੰਘ ਸਰਾਂ ਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਹਾਜ਼ਰ ਸਨ।

Post a Comment

0 Comments