ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧਨ ਕਰ ਰਹੇ ਕਿਸਾਨਾਂ ਤੋਂ ਪ੍ਰੇਰਨਾ ਲੈਣ ਸਾਰੇ ਕਿਸਾਨ-ਡਿਪਟੀ ਕਮਿਸ਼ਨਰ

 ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧਨ ਕਰ ਰਹੇ ਕਿਸਾਨਾਂ ਤੋਂ ਪ੍ਰੇਰਨਾ ਲੈਣ ਸਾਰੇ ਕਿਸਾਨ-ਡਿਪਟੀ ਕਮਿਸ਼ਨਰ

*ਡਿਪਟੀ ਕਮਿਸ਼ਨਰ ਨੇ ਪਿੰਡ ਬੱਪੀਆਣਾ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ

*ਕਿਸਾਨ ਅਮਰਜੀਤ ਸਿੰਘ ਨੇ 11 ਏਕੜ ਅਤੇ ਬੂਟਾ ਸਿੰਘ ਨੇ 8 ਏਕੜ ਵਿੱਚ ਖੇਤੀ ਮਸ਼ੀਨਰੀ ਰਾਹੀਂ ਪਰਾਲੀ ਦਾ ਪ੍ਰਬੰਧਨ ਕੀਤਾ

*ਕਿਸਾਨ ਗੁਰਵਿੰਦਰ ਸਿੰਘ ਨੇ 35 ਏਕੜ ਵਿੱਚ ਮਲਚਰ ਨਾਲ ਪਰਾਲੀ ਦਾ ਪ੍ਰਬੰਧਨ ਕਰਕੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ

 


ਮਾਨਸਾ, 05 ਨਵੰਬਰ: ਗੁਰਜੰਟ ਸਿੰਘ ਸ਼ੀਂਹ 

ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਕਾਰਜਸ਼ੀਲ ਹੈ। ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਬਲਾਕ ਭੀਖੀ ਦੇ ਪਿੰਡ ਬੱਪੀਆਣਾ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਹੁਤ ਸਾਰੇ ਕਿਸਾਨ ਖੇਤੀ ਮਸ਼ੀਨਰੀ ਦੀ ਵਰਤੋਂ ਕਰਦਿਆਂ ਪਰਾਲੀ ਦਾ ਪ੍ਰਬੰਧਨ ਕਰ ਰਹੇ ਹਨ ਜਿੰਨ੍ਹਾਂ ਤੋਂ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਤੇ ਵੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਕਿਊਂਕਿ ਇਹ ਮਨੁੱਖਤਾ ਦੇ ਨਾਲ ਨਾਲ ਜੀਵ ਜੰਤੂਆਂ, ਪੰਛੀਆਂ ਦੇ ਨਾਲ ਨਾਲ ਕਿਸਾਨਾਂ ਦੀ ਜ਼ਮੀਨ ਦਾ ਨੁਕਸਾਨ ਕਰਨ ਦਾ ਕਾਰਨ ਬਣਦੀ ਹੈ।

ਉਨ੍ਹਾਂ ਪਿੰਡ ਬੱਪੀਆਣੇ ਦੇ ਕਿਸਾਨ ਅਮਰਜੀਤ ਸਿੰਘ, ਬੂਟਾ ਸਿੰਘ, ਗੁਰਵਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕਰਕੇ ਉੱਥੇ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕਿਸਾਨ ਅਮਰਜੀਤ ਸਿੰਘ ਨੇ 11 ਏਕੜ ਵਿੱਚ ਬੇਲਰ ਨਾਲ ਝੋਨੇ ਦੀ ਪਰਾਲੀ ਦੀਆ ਗੱਠਾ ਬਣਾ ਕੇ ਪਰਾਲੀ ਦਾ ਪ੍ਰਬੰਧਨ ਕੀਤਾ ਹੈ। ਇਸੇ ਤਰ੍ਹਾਂ ਕਿਸਾਨ ਬੂਟਾ ਸਿੰਘ ਨੇ ਖੇਤੀਬਾੜੀ ਵਿਭਾਗ ਦੀ ਕਸਟਮ ਹਾਈਰਿੰਗ ਸਕੀਮ ਰਾਹੀ ਸੁਪਰ ਸੀਡਰ ਨਾਲ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਇਆਂ 8 ਏਕੜ ਵਿੱਚ ਕਣਕ ਦੀ ਬਿਜਾਈ ਕੀਤੀ ਹੈ। ਕਿਸਾਨ ਗੁਰਵਿੰਦਰ ਸਿੰਘ ਨੇ 8 ਏਕੜ ਵਿੱਚ ਪਰਾਲੀ ਨੂੰ ਬਿਨਾ ਅੱਗ ਲਾਏ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਅਤੇ 35 ਏਕੜ ਵਿੱਚ ਮਲਚਰ ਨਾਲ ਪਰਾਲੀ ਦਾ ਪ੍ਰਬੰਧਨ ਕੀਤਾ ਹੈ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਾਜ਼ਰ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ।

ਇਸ ਮੌੇਕੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਦਿਲਬਾਗ ਸਿੰਘ ਹੀਰ, ਬਲਾਕ ਖੇਤੀਬਾੜੀ ਅਫਸਰ ਭੀਖੀ ਸ੍ਰੀ ਹਰਵਿੰਦਰ ਸਿੰਘ ਸਿੱਧੂ, ਬਲਾਕ ਖੇਤੀਬਾੜੀ ਵਿਕਾਸ ਅਫਸਰ ਅਮਨਦੀਪ ਸਿੰਘ ਚਹਿਲ, ਕਲਸੱਟਰ ਅਫਸਰ ਭੀਖੀ ਹੇਮ ਸਿੰਘ, ਬੇਲਦਾਰ ਅਰਸ਼ਦੀਪ ਸਿੰਘ, ਏ.ਟੀ.ਐੱਮ ਗੁਰਜੀਤ ਸਿੰਘ ਤੋ ਇਲਾਵਾ ਜਸਪਾਲ ਸਿੰਘ, ਇੰਦਰਦੀਪ ਸਿੰਘ, ਜਸ਼ਨਦੀਪ ਸਿੰਘ ਅਤੇ ਪਿੰਡ ਦੇ ਹੋਰ 50 ਮੋਹਤਬਾਰ ਕਿਸਾਨ ਹਾਜ਼ਰ ਸਨ।

Post a Comment

0 Comments