ਡਾ. ਸੀ.ਕੇ. ਦੀਕਸ਼ਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ

 ਡਾ. ਸੀ.ਕੇ. ਦੀਕਸ਼ਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ


ਮਾਨਸਾ, 24 ਨਵੰਬਰ: ਗੁਰਜੰਟ ਸਿੰਘ ਬਾਜੇਵਾਲੀਆ 

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਡਾ. ਸੀ.ਕੇ. ਦੀਕਸ਼ਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਵੱਲੋਂ ਸਾਂਝੇ ਤੌਰ ’ਤੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ।

ਡਾ. ਦੀਕਸ਼ਿਤ ਨੇ ਦੱਸਿਆ ਕਿ ਮਸ਼ੀਨਰੀ ਰਾਹੀਂ ਪਰਾਲੀ ਦਾ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾ ਕੇ ਮਸ਼ੀਨਰੀ ਰਾਹੀਂ ਇਸ ਦਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਖੇਤ ਵਿਚ ਵਾਹ ਕੇ ਕਣਕ ਦੀ ਬਿਜਾਈ ਕਰਨ ਦੇ ਫਾਇਦਿਆਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਿਸਾਨ ਨਵੀਆਂ ਤਕਨੀਕਾਂ ਨਾਲ ਜੁੜ ਕੇ ਖੇਤੀਬਾੜੀ ਦਾ ਕਿੱਤਾ ਕਰ ਸਕਣ।

ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਗੇਹਲੇ ਦੇ ਕਿਸਾਨ ਗੁਰਪ੍ਰੀਤ ਸਿੰਘ ਨੇ ਇਸ ਸਾਲ ਸਰਫੇਸ ਸੀਡਿੰਗ ਅਤੇ ਮਲਚਿੰਗ ਤਕਨੀਕ ਰਾਹੀਂ ਕਣਕ ਦੀ ਬਿਜਾਈ ਕੀਤੀ ਹੈ। ਕਿਸਾਨ ਪਿਛਲੇ 8 ਸਾਲ ਤੋਂ ਇਨਸੀਟੂ ਤਰੀਕਿਆਂ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੂਲੋਵਾਲ ਦਾ ਕਿਸਾਨ ਦਰਸ਼ਨ ਸਿੰਘ ਆਪਣੇ ਖੇਤ ਵਿਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਿਸਾਨਾਂ ਨਾਲ ਮਿਲਣੀ ਕਰਦਿਆਂ ਦੂਜੇ ਕਿਸਾਨਾਂ ਨੂੰ ਵੀ ਇਸੇ ਤਰ੍ਹਾਂ ਯੋਗ ਪਰਾਲੀ ਪ੍ਰਬੰਧਨ ਕਰਨ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋ ਰੋਜ਼ਾਨਾ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਅਗਾਂਹਵਧੂ ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।

ਇਸ ਮੌਕੇ ਏ.ਈ.ਈ. ਸਾਹਿਲ ਪੀ.ਪੀ.ਸੀ.ਬੀ, ਖੇਤੀਬਾੜੀ ਵਿਕਾਸ ਅਫ਼ਸਰ ਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਜਸਲੀਨ ਕੌਰ ਧਾਲੀਵਾਲ, ਬੀ.ਟੀ.ਐਮ. ਪਰਾਗਦੀਪ ਸਿੰਘ, ਏ.ਐਸ.ਆਈ. ਮਨਪ੍ਰੀਤ ਸਿੰਘ ਅਤੇ ਹਰਚੇਤ ਸਿੰਘ ਮੌਜੂਦ ਸਨ।

Post a Comment

0 Comments