ਖਨੌਰੀ ’ਚ ਕਿਸਾਨ ਸ਼ੁਭਕਰਣ ਸਿੰਘ ਦੀ ਮੌਤ ਨਾਲ ਅਗਲੇ ਦੋ ਦਿਨਾਂ ਵਿਚ ਸੂਬੇ ’ਚ ਤਣਾਅ ਵਾਲੀ ਸਥਿਤੀ ਪੈਦਾ ਹੋਣ ਦਾ ਡਰ

 ਖਨੌਰੀ ’ਚ ਕਿਸਾਨ ਸ਼ੁਭਕਰਣ ਸਿੰਘ ਦੀ ਮੌਤ ਨਾਲ ਅਗਲੇ ਦੋ ਦਿਨਾਂ ਵਿਚ ਸੂਬੇ ’ਚ ਤਣਾਅ ਵਾਲੀ ਸਥਿਤੀ ਪੈਦਾ ਹੋਣ ਦਾ ਡਰ


ਪਾਤੜਾਂ/ ਬਿਊਰੋ ਪੰਜਾਬ ਇੰਡੀਆ ਨਿਊਜ਼
  ਖਨੌਰੀ ਚ ਨੌਜਵਾਨ ਕਿਸਾਨ ਸ਼ੁਭਕਰਣ ਸਿੰਘ (21) ਦੀ ਮੌਤ ਨਾਲ ਅਗਲੇ ਦੋ ਦਿਨਾਂ ਵਿਚ ਸੂਬੇ ’ਚ ਤਣਾਅ ਵਾਲੀ ਸਥਿਤੀ ਪੈਦਾ ਹੋਣ ਦਾ ਖ਼ਦਸ਼ਾ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਉਹ ਸ਼ੰਭੂ ਤੇ ਖਨੌਰੀ ਹੱਦ ’ਤੇ ਟਿਕੇ ਰਹਿਣਗੇ। ਫਿਲਹਾਲ ਕਿਸਾਨ ਆਗੂਆਂ ਨੇ ਦਿੱਲੀ ਕੂਚ ਦੋ ਦਿਨਾਂ ਲਈ ਟਾਲ ਦਿੱਤਾ ਹੈ। ਇਹ ਵੀ ਪਤਾ ਲੱਗਿਆ ਹੈ ਕਿ ਕਿਸਾਨ ਜਥੇਬੰਦੀਆਂ ਨੇ ਸ਼ੁਭਕਰਣ ਸਿੰਘ ਦਾ ਪੋਸਟਮਾਰਟਮ ਕਰਵਾਉਣ ਅਤੇ ਸਸਕਾਰ ਕਰਨ ਲਈ ਕਾਹਲੀ ਨਾ ਕਰਨ ਦਾ ਫ਼ੈਸਲਾ ਲਿਆ ਹੈ। ਖ਼ੁਫ਼ੀਆ ਪੁਲਿਸ ਅਧਿਕਾਰੀਆਂ ਨੂੰ ਡਰ ਹੈ ਕਿ ਜੇ ਮ੍ਰਿਤਕ ਕਿਸਾਨ ਦਾ ਸਸਕਾਰ ਕਰਨ ਵਿਚ ਦੇਰੀ ਹੁੰਦੀ ਹੈ ਤਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਹੋਰ ਵਿਗੜ ਸਕਦੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਵੀ ਵੀਰਵਾਰ ਨੂੰ ਚੰਡੀਗੜ੍ਹ ’ਚ ਮੀਟਿੰਗ ਬੁਲਾਈ ਹੈ।

ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਸੂਬਾ ਸਰਕਾਰ ਨੂੰ ਇਸ ਮਸਲੇ ਨੂੰ ਜਲਦ ਨਿਬੇੜਨਾ ਚਾਹੀਦਾ ਹੈ। ਜੇ ਸਰਕਾਰ ਨੇ ਲਾਪਰਵਾਹੀ ਵਰਤੀ ਜਾਂ ਢਿੱਲਮੱਠ ਦਿਖਾਈ ਤਾਂ ਸਰਕਾਰ ਲਈ ਵੱਡੀ ਸਮੱਸਿਆ ਖੜ੍ਹੀ ਹੋ ਸਕਦੀ ਹੈ। ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਨੇ ਨੌਜਵਾਨ ਕਿਸਾਨ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਹਰਿਆਣਾ ਪੁਲਿਸ ਤੇ ਹਰਿਆਣਾ ਦੇ ਗ੍ਰਹਿ ਮੰਤਰੀ ’ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕਿਹਾ ਕਿ ਸ਼ੁਭਕਰਣ ਸਿੰਘ ਦੀ ਮੌਤ ਗੋਲੀ ਲੱਗਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਵਿਚ ਕਿਸਾਨ ਜਥੇਬੰਦੀਆਂ ਮੌਤ ਬਾਰੇ ਪੂਰੀ ਜਾਣਕਾਰੀ ਹਾਸਲ ਕਰਨਗੀਆਂ।

ਉਧਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨੌਜਵਾਨ ਦੀ ਮੌਤ ਸਿਰ ਵਿਚ ਗੋਲੀ ਲੱਗਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਪੁਲਿਸ ਪੰਜਾਬ ’ਚ ਬੈਠੇ ਕਿਸਾਨਾਂ ’ਤੇ ਹੰਝੂ ਗੈਸ ਤੇ ਪਲਾਸਟਿਕ ਦੀਆਂ ਗੋਲੀਆਂ ਚਲਾ ਰਹੀ ਹੈ ਪਰ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਚੁੱਪ ਬੈਠੀ ਹੈ। ਬਾਜਵਾ ਨੇ ਮੰਗ ਕੀਤੀ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ’ਤੇ ਕਤਲ ਦਾ ਮਾਮਲਾ ਦਰਜ਼ ਕੀਤਾ ਜਾਵੇ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਘਟਨਾ ਦੀ ਨਿੰਦਾ ਕੀਤੀ ਹੈ।

ਇੱਸੇ ਤਰ੍ਹਾਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਾਲਾਤ ਲਗਾਤਾਰ ਵਿਗੜ ਰਹੇ ਹਨ ਜਦਕਿ ਪੰਜਾਬ ਪੁਲਿਸ ਲਗਾਤਾਰ ਘਟਨਾਵਾਂ ਨੂੰ ਲੈ ਕੇ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਗੋਲੀਆਂ ਜੰਮੂ-ਕਸ਼ਮੀਰ ਵਿਚ ਚਲਾਉਣ ’ਤੇ ਪਾਬੰਦੀ ਲੱਗੀ ਹੈ, ਉਹ ਹੁਣ ਹਰਿਆਣਾ ਪੁਲਿਸ ਪੰਜਾਬ ਦੇ ਕਿਸਾਨਾਂ ’ਤੇ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਦੀ ਹਿਫਾਜ਼ਤ ਕਰਨੀ ਚਾਹੀਦੀ ਹੈ ਪਰ ਉਹ ਕਿਸਾਨਾਂ ਨਾਲ ਖੜ੍ਹਨ ਦੀ ਬਜਾਏ ਕੇਂਦਰ ਤੇ ਹਰਿਆਣਾ ਸਰਕਾਰ ਨਾਲ ਖੜ੍ਹ ਰਹੇ ਹਨ। ਮੁੱਖ ਮੰਤਰੀ ਜੋ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ, ਨੂੰ ਹਰਿਆਣਾ ਪੁਲਿਸ ’ਤੇ ਕੇਸ ਦਰਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦੇ ਵਿਦੇਸ਼ ਜਾਣ ਅਤੇ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਦੇ ਫ਼ੈਸਲੇ ’ਤੇ ਵੀ ਉਂਗਲ ਚੁੱਕੀ ਹੈ। ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਹਰਿਆਣਾ ਪੁਲਿਸ ਲਗਾਤਾਰ ਹਮਲੇ ਕਰ ਰਹੀ ਹੈ ਪਰ ਪੰਜਾਬ ਪੁਲਿਸ ਚੁੱਪ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਤੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਕਵਚ ਦੇਣਾ ਚਾਹੀਦਾ ਹੈ।

Post a Comment

0 Comments