ਜ਼ਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਈ ਜਾਵੇ :ਵਧੀਕ ਡਿਪਟੀ ਕਮਿਸ਼ਨਰ (ਵਿਕਾਸ )

ਜ਼ਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਈ ਜਾਵੇ :ਵਧੀਕ ਡਿਪਟੀ ਕਮਿਸ਼ਨਰ (ਵਿਕਾਸ )

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਵਾੜਾ ਦਰਾਕਾ ਵਿੱਚ ਫਸਲੀ ਵਿਭਿੰਨਤਾ ਸਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ


 ਫਰੀਦਕੋਟ 09 ਮਾਰਚ ਪੰਜਾਬ ਇੰਡੀਆ ਨਿਊਜ਼  ਫਸਲੀ ਵਿਭਿਨਤਾ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲੇ ਅੰਦਰ ਨਰਮੇ ਦੀ ਫਸਲ ਨੂੰ ਪੁਨਰਸੁਰਜੀਤ ਕਰਨ ਅਤੇ ਕਣਕ ਦੇ ਨਾੜ੍ਹ ਨੂੰ ਅੱਗ ਨਾਂ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਕੋਟਕਪੂਰਾ ਦੇ ਸਰਕਲ ਹਰੀ ਨਾਉਂ ਦੇ ਪਿੰਡ ਵਾੜਾ ਦੜਾਕਾ ਵਿੱਚ ਕਿਸਾਨ ਜਾਗਰੂਕਤਾ ਕੈਂਪ  ਲਗਾਇਆ ਗਿਆ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਐਨ ਐਸ ਗਰੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਪ੍ਰਧਾਨਗੀ ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਨੇ ਕੀਤੀ l ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਲਗਾਏ ਕੈਂਪ ਵਿੱਚ ਹੋਰਨਾਂ ਤੋੰ ਇਲਾਵਾ ਡਾ.ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ , ਰਾਜਾ ਸਿੰਘ,ਡਾ ਜਗਮੀਤ ਸਿੰਘ ਬੀਟੀਐਮ, ਸਰਪੰਚ ਕਰਮ ਸਿੰਘ, ਕਿਸਾਨ ਜਗਦੀਸ਼ ਸਿੰਘ, ਕਿਸਾਨ ਗੁਰਪ੍ਰੀਤ, ਅਵਤਾਰ ਗੋਰਾ, ਜਗਦੀਪ ਸਿੰਘ, ਮਨਿੰਦਰ ਸਿੰਘ ਆਦਿ ਹਾਜ਼ਰ ਸਨ।

ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਰਭਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਸਾਲ 2024-25 ਦੌਰਾਨ ਜ਼ੀਰੋ ਬਰਨਿੰਗ ਦਾ ਟੀਚਾ ਮਿਥੀਆ ਗਿਆ ਹੈ, ਜਿਸ ਦੀ ਪੂਰਤੀ ਲਈ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਦੇ ਭਰਪੂਰ ਸਹਿਯੋਗ ਦੀ ਜ਼ਰੂਰਤ ਹੈ l ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਉਪਰੰਤ ਤੂੜੀ ਬਨਾਉਣ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਵਾਹ ਕੇ ਝੋਨੇ ਦੀ ਲਵਾਈ ਕਰਨੀ ਚਾਹੀਦੀ ਹੈ ।

ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਫਸਲੀ ਵਿਭਿੰਨਤਾ ਦੀ ਮਹੱਤਤਾ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਮਾਲਵਾ ਖੇਤਰ ਵਿੱਚ ਝੋਨਾ -ਕਣਕ ਫਸਲੀ ਚੱਕਰ ਹੇਠੋ ਰਕਬਾ ਘਟਾਉਣ ਲਈ ਨਰਮੇ ਦੀ ਫਸਲ ਅਹਿਮ ਭੂਮਿਕਾ ਨਿਭਾ ਸਕਦੀ ਹੈ l ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਨਰਮੇ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਨਰਮੇ ਦਾ ਬੀਜ ਸਬਸਿਡੀ ਤੇ ਮੁਹੱਈਆਂ ਕਰਵਾਇਆ ਜਾਵੇਗਾ l ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਬਿਜਾਈ ਤੋਂ ਪਹਿਲਾਂ ਕੀੜੇ-ਮਕੌੜੇ ਖਾਸਕਰ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਪਿੰਡਾਂ ਵਿੱਚ ਪਈਆਂ ਛੱਟੀਆਂ ਨੂੰ ਨਸ਼ਟ ਕਰ ਦੇਣ । ਡਾ ਗੁਰਮਿੰਦਰ ਸਿੰਘ ਬਰਾੜ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਕਣਕ ਦੀ ਮੌਜੂਦਾ ਸਥਿਤੀ, ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਸੁਚੱਜੀ ਰੋਕਥਾਮ, ਕਣਕ ਦਾ ਆਪਣਾ ਬੀਜ ਆਪ ਤਿਆਰ ਕਰਨ ਬਾਰੇ, ਮਿੱਟੀ ਦੀ ਸਿਹਤ ਵਿੱਚ ਆ ਰਹੇ ਨਿਗਾਰ  ਅਤੇ ਇਸਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ।

 ਇਸ ਤੋਂ ਬਾਅਦ ਡਾ. ਰਾਜਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਮੂੰਗੀ ਅਤੇ ਮਾਂਹ ਦੀ ਫਸਲ ਬਾਰੇ, ਡਾ ਗੁਰਪ੍ਰੀਤ ਸਿੰਘ ਬਾਗਬਾਨੀ ਵਿਕਾਸ ਅਫਸਰ, ਨੇ ਫਲਦਾਰ ਪੌਦਿਆਂ ਅਤੇ ਸਬਜ਼ੀਆਂ ਬਾਰੇ ਅਤੇ ਡਾ ਗੁਰਿੰਦਰ ਪਾਲ ਸਿੰਘ ਖੇਤੀਬਾੜੀ ਅਫਸਰ ਟ੍ਰੇਨਿੰਗ ਵੱਲੋਂ ਨਰਮੇ ਦੀ ਫਸਲ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਖੇਤੀਬਾੜੀ ਵਿਭਾਗ ਨਾਲ ਜੁੜਨ ਦੀ ਸਲਾਹ ਦਿੱਤੀ। ਅਖੀਰ ਵਿੱਚ ਡਾ ਗੁਰਪ੍ਰੀਤ ਸਿੰਘ, ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।


Post a Comment

0 Comments